ਪੰਜਾਬ ’ਚ ਡੀਜੀਪੀ ਦੀ ਨਿਯੁਕਤੀ ਖ਼ਿਲਾਫ਼ ਦਾਇਰ ਅਪੀਲ ਖਾਰਜ,ਦੋ ਆਈਪੀਐੱਸ ਅਧਿਕਾਰੀਆਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ ਨੂੰ ਦਿੱਤੀ ਸੀ ਚੁਣੌਤੀ

ਨਵੀਂ ਦਿੱਲੀ ,17 ਨਵੰਬਰ (ਪੀ.ਵੀ ਨਿਊਜ਼) ਸੁਪਰੀਮ ਕੋਰਟ ਨੇ ਦਿਨਕਰ ਗੁਪਤਾ ਦੀ ਨਿਯੁਕਤੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਦੇ ਤੌਰ ’ਤੇ ਬਰਕਰਾਰ ਰੱਖਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ ਦੇ ਖ਼ਿਲਾਫ਼ ਦਾਇਰ ਅਪੀਲਾਂ ਨੂੰ ਮੰਗਲਵਾਰ ਨੂੰ ਰੱਦ ਕਰ ਦਿੱਤਾ।

ਜਸਟਿਸ ਐੱਲ ਨਾਗੇਸ਼ਵਰ ਰਾਓ, ਬੀਆਰ ਗਵਈ ਤੇ ਬੀਵੀ ਨਗਾਰਤਨਾ ਦੇ ਬੈਂਚ ਨੇ ਭਾਰਤੀ ਪੁਲਿਸ ਸੇਵਾ (ਆਈਪੀਐੱਸ) ਦੇ ਅਧਿਕਾਰੀਆਂ ਸਿਧਾਰਥ ਚੱਟੋਪਾਧਿਆਏ ਤੇ ਮੁਹੰਮਦ ਮੁਸਤਫਾ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ। ਇਨ੍ਹਾਂ ਅਪੀਲਾਂ ’ਚ ਗੁਪਤਾ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕਰਨ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਸੀ। ਬੈਂਚ ਨੇ ਕਿਹਾ ਕਿ ਪਟੀਸ਼ਨਾਂ ਖਾਰਜ ਕੀਤੀਆਂ ਜਾਂਦੀਆਂ ਹਨ। ਸੁਪਰੀਮ ਕੋਰਟ ਨੇ 15 ਸਤੰਬਰ ਨੂੰ ਇਸ ਮਾਮਲੇ ’ਚ ਸਾਰੀਆਂ ਧਿਰਾਂ ਨੂੰ ਸੁਣਨ ਮਗਰੋਂ ਆਦੇਸ਼ ਸੁਰੱਖਿਅਤ ਰੱਖ ਲਿਆ ਸੀ।

1987 ਬੈਚ ਦੇ ਆਈਪੀਐੱਸ ਅਧਿਕਾਰੀ ਗੁਪਤਾ ਦੇ ਛੁੱਟੀ ’ਤੇ ਚਲੇ ਜਾਣ ਤੋਂ ਬਾਅਦ ਸੀਨੀਅਰ ਆਈਪੀਐੱਸ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦੇ ਡੀਜੀਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 21 ਜਨਵਰੀ 2020 ਨੂੰ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਦੇ ਆਦੇਸ਼ ’ਤੇ ਰੋਕ ਲਗਾ ਦਿੱਤੀ ਸੀ, ਜਿਸਨੇ ਸੀਨੀਅਰ ਆਈਪੀਐੱਸ ਅਧਿਕਾਰੀ ਗੁਪਤਾ ਦੀ ਪੰਜਾਬ ਪੁਲਿਸ ਦੇ ਮੁਖੀ ਵਜੋਂ ਨਿਯੁਕਤੀ ਨੂੰ ਰੱਦ ਕਰ ਦਿੱਤਾ ਸੀ।

ਗੁਪਤਾ ਨੂੰ 2019 ’ਚ ਡੀਜੀਪੀ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੂੰ ਮੁਸਤਫਾ ਤੇ ਚੱਟੋਪਾਧਿਆਏ ਸਮੇਤ ਪੰਜ ਸੀਨੀਅਰ ਅਧਿਕਾਰੀਆਂ ’ਤੇ ਤਰਜੀਹ ਦਿੰਦੇ ਹੋਏ ਚੁਣਿਆ ਗਿਆ ਸੀ। ਇਸ ਤੋਂ ਪਹਿਲਾਂ ਦੇ ਕਾਰਜਕਾਲ ’ਚ ਗੁਪਤਾ ਡੀਜੀਪੀ (ਖ਼ੁਫੀਆ) ਦੇ ਤੌਰ ’ਤੇ ਤਾਇਨਾਤ ਸਨ।

Leave a Reply

Your email address will not be published. Required fields are marked *