ਮਨਜਿੰਦਰ ਸਿੰਘ ਸਿਰਸਾ ਦਾ ਭਾਜਪਾ ’ਚ ਸ਼ਾਮਲ ਹੋਣਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 2 ਦਸੰਬਰ (ਪੀ.ਵੀ ਨਿਊਜ਼) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਭਾਜਪਾ ’ਚ ਸ਼ਾਮਲ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਸਿਰਸਾ ਦੇ ਇਸ ਕਦਮ ਦੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੀਆਂ ਸਿੱਖ ਸੰਗਤਾਂ ਨੇ ਸਿਰਸਾ ਨੂੰ ਵੱਡਾ ਮਾਣ ਬਖ਼ਸ਼ਿਆ ਅਤੇ ਪਾਰਟੀ ਨੇ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਪ੍ਰਧਾਨ ਬਣਾਇਆ। ਉਨ੍ਹਾਂ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿਚ ਭਾਵੇਂ ਸਿਰਸਾ ਚੋਣ ਹਾਰ ਗਏ ਸਨ, ਪਰ ਫਿਰ ਵੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਗੁਰਦੁਆਰਾ ਕਮੇਟੀ ਲਈ ਮੈਂਬਰ ਦੇ ਤੌਰ ’ਤੇ ਨਾਮਜ਼ਦ ਕਰਨ ਲਈ ਉਨ੍ਹਾਂ ਦਾ ਨਾਂ ਭੇਜਿਆ। ਉਨ੍ਹਾਂ ਕਿਹਾ ਕਿ ਸਿਰਸਾ ਦੇ ਇਸ ਕਦਮ ਨਾਲ ਸਿੱਖ ਸੰਗਤਾਂ ਅੰਦਰ ਰੋਸ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਕਾਰਨ ਕਿਸਾਨਾਂ ਨੂੰ ਕਰੀਬ ਇਕ ਸਾਲ ਤੋਂ ਸੜਕਾਂ ’ਤੇ ਬੈਠਣਾ ਪਿਆ, ਜਿਸ ਦੌਰਾਨ 700 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਵੀ ਗਈਆਂ। ਉਨ੍ਹਾਂ ਕਿਹਾ ਕਿ ਅਜਿਹੀ ਪਾਰਟੀ ਵਿਚ ਸ਼ਾਮਲ ਹੋ ਕੇ ਸ. ਸਿਰਸਾ ਨੇ ਕਿਸਾਨਾਂ ਦੇ ਨਾਲ-ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਮਾਰੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰਸਾ ਨੂੰ ਕਿਹਾ ਕਿ ਉਹ ਆਪਣੀ ਗਲਤੀ ਨੂੰ ਸੁਧਾਰਦੇ ਹੋਏ ਭਾਜਪਾ ਨੂੰ ਤੁਰੰਤ ਅਲਵਿਦਾ ਕਹਿ ਕੇ ਵਾਪਸ ਆਪਣੀ ਪਾਰਟੀ ਵਿਚ ਆਉਣ।

Leave a Reply

Your email address will not be published. Required fields are marked *